ਪਰਾਲੀ ਨੂੰ ਅੱਗ ਲਗਾਉਣ ਦੀ ਰਵਾਇਤ ਨੂੰ ਜੜ੍ਹੋਂ ਖ਼ਾਤਮਾ ਕਰਨ ਲਈ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਗੱਲਬਾਤ ਕਰਕੇ ਲਏ ਸੁਝਾਅ

ਅਹਿਮਦਗੜ੍ਹ / ਮਾਲੇਰਕੋਟਲਾ 15 ਜਨਵਰੀ:

          ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਸਬ ਡਵੀਜ਼ਨ ਅਹਿਮਦਗੜ੍ਹ ਦੇ ਪਿੰਡਾਂ ਦੇ ਕਿਸਾਨਾਂ ਦੇ ਨਾਲ ਪਰਾਲੀ ਨੂੰ ਅੱਗ ਲਗਾਉਣ ਦੀ ਰਵਾਇਤ ਨੂੰ ਜੜ੍ਹੋਂ ਖ਼ਾਤਮਾ ਕਰਨ ਲਈ ਵਿਚਾਰ ਚਰਚਾ ਕਰਦਿਆ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਰਵਾਇਤ ਦਾ ਜੜ੍ਹੋਂ ਖ਼ਾਤਮਾ ਲੋਕ ਲਹਿਰ ਪੈਦਾ ਕਰਕੇ ਹੀ  ਕੀਤਾ ਜਾ ਸਕਦਾ ਹੈ । ਉਨ੍ਹਾਂ ਕਿਹਾ ਕਿ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਸਾਰੇ ਵਰਗਾਂ ਦੇ ਲੋਕਾਂ ਅੱਗੇ ਆਉਣ ਤਾਂ ਜੋ ਅਸੀਂ ਆਪਣੀਆਂ ਆਉਣ ਵਾਲੀਆ ਪੀੜ੍ਹੀਆਂ ਨੂੰ ਤੋਹਫ਼ੇ ਵਜੋਂ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾ ਸਕੀਏ । ਵਰਨਣਯੋਗ ਹੈ ਕਿ ਪਿੰਡ ਕਸਬਾ ਭੁਰਾਲ ,ਸੰਦੌੜ ਅਤੇ ਖ਼ੁਰਦ ਉਹ ਪਿੰਡ ਹਨ ਜਿੱਥੇ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਦਰਜ ਹੋਈਆਂ ਹਨ। ਇਨ੍ਹਾਂ ਪਿੰਡਾਂ ਦੇ ਕਿਸਾਨਾਂ ਨਾਲ ਉਨ੍ਹਾਂ ਗੱਲਬਾਤ ਕੀਤੀ ਅਤੇ ਪਰਾਲੀ ਦੀ ਸੁਚੱਜੇ ਪ੍ਰਬੰਧਨ  ਅਤੇ ਸੰਭਾਲ ਲਈ ਕਿਸਾਨਾਂ ਦੇ ਲੋੜੀਂਦੀ ਮਸ਼ੀਨਰੀ ਅਤੇ ਹੋਰ ਸਮਗਰੀ ਬਾਰੇ ਸੁਝਾਅ ਲਏ ।

    ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਪਿੰਡ ਖ਼ੁਰਦ,ਸ਼ੇਰਗੜ੍ਹ ਚੀਮਾ ਅਤੇ ਹਕੀਮਪੁਰ ਖੱਟੜਾ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ  ਨਾਲ ਵੀ ਮੁਲਾਕਾਤ ਕੀਤੀ  ਅਤੇ ਡਿਪਟੀ ਕਮਿਸ਼ਨਰ ਦੀ ਇਸ ਫੇਰੀ ਦੌਰਾਨ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਫ਼ਸਲ ਬੀਜਣ ਵਾਲੇ ਕਿਸਾਨਾਂ ਨੇ ਦੱਸਿਆ ਕਿ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨਾਲ ਜਿੱਥੇ ਉਨ੍ਹਾਂ ਦੇ ਖੇਤੀ ਖ਼ਰਚੇ ਘੱਟ ਹੋਏ ਹਨ ਉੱਥੇ ਹੀ ਫ਼ਸਲ ਦੀ ਗੁਣਵੱਤਾ ਵੀ ਬਿਹਤਰ ਹੋਈ ਹੈ ਤੇ ਝਾੜ ਵਧਣ ਦੇ ਵਧੇਰੇ ਆਸਾਰ ਨਜ਼ਰ ਆ ਰਹੇ ਹਨ। ਇਨ੍ਹਾਂ ਕਿਸਾਨਾਂ ਨੇ ਡਾ ਪੱਲਵੀ ਨੂੰ ਇਹ ਵੀ ਦੱਸਿਆ ਕਿ ਪਰਾਲੀ ਦੀ ਸੁਚੱਜੀ ਸੰਭਾਲ ਲਈ ਸਰਕਾਰ ਵੱਲੋਂ ਸਬਸਿਡੀ ਤੇ ਦਿੱਤੀ ਗਈ ਖੇਤੀ ਮਸ਼ੀਨਰੀ ਕਿਸਾਨਾਂ ਲਈ ਵਧੇਰੇ ਲਾਹੇਵੰਦ ਸਾਬਤ ਹੋਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੀਆਂ ਆਧੁਨਿਕ ਖੇਤੀ ਮਸ਼ੀਨਾਂ ਵੱਧ ਤੋਂ ਵੱਧ ਪਿੰਡਾਂ ਦੇ ਕਿਸਾਨਾਂ ਨੂੰ ਮੁਹੱਈਆ ਕਰਵਾਉਣੀਆਂ ਚਾਹੀਦੀਆਂ ਹਨ।

         ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਕਿਸਾਨਾਂ ਨੂੰ ਆਪਣੇ ਜੀਵਨ, ਵਾਤਾਵਰਣ ਤੇ ਧਰਤੀ ਨੂੰ ਸੰਭਾਲਣ ਲਈ ਪਰਾਲੀ ਨੂੰ ਬਿਨਾਂ ਅੱਗ ਲਗਾਏ ਸੰਭਾਲਣ ਜਾਂ ਜ਼ਮੀਨ ਵਿੱਚ ਹੀ ਵਾਹੁਣ ਲਈ ਆਪਣੀ ਸੋਚ ਬਦਲਣਾ ਸਮੇਂ ਦੀ ਲੋੜ ਹੈ । ਉਨ੍ਹਾਂ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ  ਵੱਲੋਂ ਵਾਤਾਵਰਨ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮਲੇਰਕੋਟਲਾ ਦਫ਼ਤਰ ਵੱਲੋਂ ਮੈਨੇਜਮੈਂਟ ਆਫ਼ ਕਰਾਪ ਰੈਜੀਡਿਊ ਸਕੀਮ ਤਹਿਤ 1250 ਆਧੁਨਿਕ ਖੇਤੀਬਾੜੀ ਸੰਦ ਮੌਜੂਦ ਸਨ । ਹੁਣ ਵਿਭਾਗ ਵੱਲੋਂ ਸਾਉਣੀ ਸੀਜ਼ਨ 2023-24 ਦੌਰਾਨ ਸੀ.ਆਰ.ਐਮ.( ਮੈਨੇਜਮੈਂਟ ਆਫ਼ ਕਰਾਪ ਰੈਜੀਡਿਊ ਸਕੀਮ) ਤਹਿਤ 165 ਮਸ਼ੀਨਾਂ ਕਰੀਬ 04 ਕਰੋੜ 29 ਲੱਖ 16 ਹਜ਼ਾਰ 720 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ । ਹੁਣ ਤੱਕ ਵਿੱਤੀ ਸਾਲ ਦੌਰਾਨ ਕਰੀਬ 02 ਕਰੋੜ 33 ਲੱਖ 70 ਹਜ਼ਾਰ 245 ਰੁਪਏ ਬਤੌਰ ਸਬਸਿਡੀ ਜਾਰੀ ਕੀਤੀ ਗਈ ਤਾਂ ਜੋ ਕਿਸਾਨਾਂ ਦੀ ਫ਼ਸਲੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਘਟਾਇਆ ਜਾ ਸਕੇ ।

Leave a Reply

Your email address will not be published. Required fields are marked *