ਚੰਡੀਗੜ੍ਹ : ਸੂਬੇ ਵਿੱਚ ਚਲਾਏ ਜਾ ਰਹੇ ਜਲ ਸੰਭਾਲ ਅਤੇ ਪ੍ਰਬੰਧਨ ਸਬੰਧੀ ਯਤਨਾਂ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ (Punjab Government) ਵੱਲੋਂ ਅੱਜ ਕੁਆਂਟਮ ਪੇਪਰਜ਼ ਲਿਮਟਿਡ (Kuantum Papers Ltd.) ਨਾਲ ਸਮਝੌਤਾ ਸਹੀਬੱਧ ਕੀਤਾ ਗਿਆ। ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਦੀ ਮੌਜੂਦਗੀ ਵਿੱਚ ਵਿਭਾਗ ਦੇ ਅਧਿਕਾਰੀਆਂ ਅਤੇ ਹੁਸ਼ਿਆਰਪੁਰ ਆਧਾਰਤ ਪੇਪਰ ਕੰਪਨੀ ਦੇ ਪ੍ਰਬੰਧਕਾਂ ਨੇ ਸਮਝੌਤੇ ‘ਤੇ ਹਸਤਾਖ਼ਰ ਕੀਤੇ।
ਇਸ ਦੌਰਾਨ ਕੈਬਨਿਟ ਮੰਤਰੀ ਸ. ਜੌੜਾਮਾਜਰਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਕੁਦਰਤੀ ਸਰੋਤਾਂ ਦੀ ਸੰਭਾਲ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਇਹ ਰਾਜ ਵਿੱਚ ਆਪਣੀ ਕਿਸਮ ਦਾ ਪਹਿਲਾ ਅਜਿਹਾ ਉਪਰਾਲਾ ਹੈ ਜਿਸ ਤਹਿਤ ਸੂਬੇ ਵਿੱਚ ਨਿੱਜੀ ਖੇਤਰ ਜਲ ਸਰੋਤਾਂ ਦੀ ਸੰਭਾਲ ਲਈ ਨਿਵੇਸ਼ ਅਤੇ ਸਹਿਯੋਗ ਕਰੇਗਾ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਹ ਕਦਮ ਯਕੀਨੀ ਤੌਰ ‘ਤੇ ਸਰਕਾਰ ਨੂੰ ਆਪਣੇ ਜਲ ਸੰਭਾਲ ਪ੍ਰੋਗਰਾਮਾਂ ਦਾ ਦਾਇਰਾ ਵਧਾਉਣ ਵਿੱਚ ਮਦਦ ਕਰੇਗਾ ਅਤੇ ਭਵਿੱਖ ਵਿੱਚ ਅਜਿਹੀਆਂ ਹੋਰ ਸਰਕਾਰ-ਨਿੱਜੀ ਭਾਈਵਾਲੀ ਪਹਿਲਕਦਮੀਆਂ ਲਈ ਰਾਹ ਪੱਧਰਾ ਕਰੇਗਾ।