ਹੁਸ਼ਿਆਰਪੁਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਅੱਜ ਹੁਸ਼ਿਆਰਪੁਰ (Hoshiarpur) ਦੀ ਤਹਿਸੀਲ ਕੰਪਲੈਕਸ (local Tehsil complex) ਵਿਚ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਜਿੱਥੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਗੱਲਬਾਤ ਕੀਤੀ, ਉਥੇ ਹੀ ਆਮ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੱਲ੍ਹ ਮੈਂ ਦੋ ਸਕੂਲਾਂ ਵਿਚ ਗਿਆ ਸੀ ਅਤੇ ਅੱਜ ਹੁਸ਼ਿਆਰਪੁਰ ਦੀ ਤਹਿਸੀਲ ਵਿਚ ਆਇਆ ਹੈ। ਮੈਂ ਲੋਕਾਂ ਲਈ ਆਇਆ ਹਾਂ ਅਤੇ ਹਮੇਸ਼ਾ ਲੋਕਾਂ ਵਿਚਾਲੇ ਹੀ ਰਹਾਂਗਾ। ਉਨ੍ਹਾਂ ਕਿਹਾ ਕਿ ਬਤੌਰ ਮੁੱਖ ਮੰਤਰੀ ਹੋਣ ਦੇ ਨਾਤੇ ਮੈਂ ਇਹ ਸਿਲਸਿਲਾ ਲਗਾਤਾਰ ਜਾਰੀ ਰੱਖਾਂਗਾ। ਉਨ੍ਹਾਂ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਕਿਹਾ ਕਿ ਜੇ ਉਨ੍ਹਾਂ ਨੂੰ ਕੋਈ ਮੁਸ਼ਕਲ ਪੇਸ਼ ਆ ਰਹੀ ਹੈ ਤਾਂ ਬਿਨਾਂ ਕਿਸੇ ਦੇਰੀ ਦੇ ਤੁਰੰਤ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ।
ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਦੀਪਸ਼ਿਖਾ ਅਤੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਵੀ ਮੌਜੂਦ ਰਹੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਨੂੰ ਇਥੇ ਇਕ ਬੇਸ ਕੈਂਪ ਬਣਾਉਣ ਦੇ ਹੁਕਮ ਦਿੱਤੇ ਤਾਂਕਿ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਨਾਲ ਨਜਿੱਠਿਆ ਜਾਵੇ। ਸਥਿਤੀ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਦੇ ਖ਼ੁਦ ਲੋਕਾਂ ਵਿੱਚ ਆਉਣ ਕਾਰਨ ਲੋਕਾਂ ਨੇ ਉਨ੍ਹਾਂ ਦਾ ਖੁੱਲ੍ਹ ਕੇ ਸਵਾਗਤ ਕੀਤਾ। ਆਪਣੀ ਸੁਰੱਖਿਆ ਦੀ ਪ੍ਰਵਾਹ ਕੀਤੇ ਬਿਨਾਂ ਭਗਵੰਤ ਸਿੰਘ ਮਾਨ ਨੇ ਵੀ ਲੋਕਾਂ ਨਾਲ ਜੋਸ਼ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਤਹਿਸੀਲ ਕੰਪਲੈਕਸ ਵਿੱਚ ਮੌਜੂਦ ਲੋਕਾਂ ਨੇ ਉਨ੍ਹਾਂ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਚੰਗਾ ਕੰਮ ਕਰ ਰਹੇ ਹਨ ਅਤੇ ਜ਼ਾਹਰ ਹੈ ਕਿ ਰਾਜ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਰਗਾ ਚੰਗਾ ਸਮਾਂ ਵਾਪਸ ਆ ਗਿਆ ਹੈ।