ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਸੂਬੇ ਵਿੱਚ ਸੜਕੀ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਲਈ ਸਾਰੇ ਭਾਈਵਾਲਾਂ ਨੂੰ ਸਰਗਰਮੀ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ। ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਵੱਲੋਂ ਸੂਬੇ ਵਿੱਚ 15 ਜਨਵਰੀ ਤੋਂ 14 ਫਰਵਰੀ, 2024 ਤੱਕ ਮਨਾਏ ਜਾ ਰਹੇ ਸੜਕ ਸੁਰੱਖਿਆ (Road safety) ਮਹੀਨੇ ਦੀ ਸ਼ੁਰੂਆਤ ਸਬੰਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਸਬੰਧਤ ਵਿਭਾਗਾਂ, ਗ਼ੈਰ-ਸਰਕਾਰੀ ਸੰਗਠਨਾਂ ਅਤੇ ਲੋਕਾਂ ਨੂੰ ਇਸ ਨਿਰਧਾਰਤ ਮਹੀਨੇ ਤੋਂ ਇਲਾਵਾ ਸਾਲ ਭਰ ਸੜਕ ਸੁਰੱਖਿਆ ਪ੍ਰਤੀ ਵਚਨਬੱਧਤਾ ਦੀ ਲੋੜ ‘ਤੇ ਜ਼ੋਰ ਦਿੱਤਾ।
ਪੰਜਾਬ ਸਿਵਲ ਸਕੱਤਰੇਤ-2 ਵਿਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ) ਅਤੇ ਲਗਾਤਾਰ ਨਿਗਰਾਨੀ ਸਮੇਤ ਲਾਗੂ ਕੀਤੇ ਹੋਰਨਾਂ ਉਪਰਾਲਿਆਂ ਦੇ ਆਵਾਜਾਈ ਵਿੱਚ ਸੁਧਾਰ ਦੇ ਸਕਾਰਾਤਮਕ ਪ੍ਰਭਾਵਾਂ ਨੂੰ ਉਜਾਗਰ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸੜਕੀ ਹਾਦਸੇ ਅਤੇ ਟ੍ਰੈਫ਼ਿਕ-2022 ਦੀ ਸਾਲਾਨਾ ਰਿਪੋਰਟ ਅਨੁਸਾਰ ਸੂਬੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਸਾਲ 2022 ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਵਿੱਚ 0.24 ਫ਼ੀਸਦ ਕਮੀ ਆਈ ਹੈ।