ਸ਼ੀਤ ਲਹਿਰ ਕਾਰਨ ਤਾਪਮਾਨ ‘ਚ ਗਿਰਾਵਟ ਦੇਖੀ ਜਾ ਰਹੀ ਹੈ ਅਤੇ ਠੰਢ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਨਾਲ ਕਈ ਬਿਮਾਰੀਆਂ ਜਿਵੇਂ ਫਲੂ, ਨੱਕ ਵਗਣਾ, ਹਾਈਪੋਥਰਮੀਆ, ਫਰੌਸਟਬਾਈਟ ਆਦਿ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ। ਠੰਢ ਤੋਂ ਸੁਰੱਖਿਅਤ ਰਹਿਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਦਿੱਤੇ ਗਏ ਅਦੇਸ਼ਾਂ ‘ਤੇ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਹੈ।
ਸਹਾਇਕ ਸਿਵਲ ਸਰਜਨ ਡਾ: ਸਜੀਲਾ ਖਾਨ ਨੇ ਦੱਸਿਆ ਕਿ ਸਰਦੀ ਦੇ ਮੌਸਮ ਵਿੱਚ ਘਰਾਂ ਵਿੱਚ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ, ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਜਿਸ ਨਾਲ ਬੰਦ ਕਮਰੇ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ ਜੋ ਜਾਨਲੇਵਾ ਸਾਬਤ ਹੋ ਸਕਦੀ ਹੈ। ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਅਧੀਨ ਆਉਂਦੇ ਹਸਪਤਾਲਾਂ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਠੰਡ ਨਾਲ ਪੀੜਤ ਮਰੀਜਾਂ ਦੇ ਇਲਾਜ ਲਈ ਹਸਪਤਾਲਾਂ ਵਿੱਚ ਲੋੜੀਂਦੇ ਇੰਤਜ਼ਾਮ ਕਰਨ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।