ਚੰਡੀਗੜ੍ਹ: ਹਰਿਆਣਾ ‘ਚ ਕੋਰੋਨਾ ਨੇ ਪ੍ਰਵੇਸ਼ ਕਰ ਲਿਆ ਹੈ। ਦੇਸ਼ ਭਰ ਵਿੱਚ ਕੋਰੋਨਾ ਮਰੀਜ਼ਾਂ ਦੀ ਵੱਧਦੀ ਗਿਣਤੀ ਨੂੰ ਲੈ ਕੇ ਰਾਜ ਸਰਕਾਰਾਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ। ਕੁਝ ਦਿਨ ਪਹਿਲਾਂ ਹੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਸਾਰੇ ਰਾਜਾਂ ਦੇ ਸਿਹਤ ਮੰਤਰੀਆਂ ਨਾਲ ਮੀਟਿੰਗ ਕੀਤੀ ਸੀ। ਇਸ ਮੀਟਿੰਗ ਵਿੱਚ ਕੋਰੋਨਾ ਦੇ ਵੱਧ ਰਹੇ ਕੇਸਾਂ ਅਤੇ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਸਾਰੇ ਜ਼ਿਲ੍ਹਿਆਂ ਦੇ ਵਿਭਾਗੀ ਅਧਿਕਾਰੀਆਂ ਨੂੰ ਕੋਰੋਨਾ ਨੂੰ ਲੈ ਕੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕੁਝ ਹਸਪਤਾਲਾਂ ਵਿੱਚ ਮੌਕ ਡਰਿੱਲ ਵੀ ਕਰਵਾਈਆਂ ਗਈਆਂ। ਹਰਿਆਣਾ ਵਿੱਚ ਹੁਣ ਤੱਕ 6 ਸਰਗਰਮ ਕੋਰੋਨਾ ਮਰੀਜ਼ ਪਾਏ ਗਏ ਹਨ। ਜਿਸ ਤੋਂ ਬਾਅਦ ਸਿਹਤ ਵਿਭਾਗ ਨੂੰ ਅਲਰਟ ਕਰ ਦਿੱਤਾ ਗਿਆ ਹੈ।