ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Punjab Governor Banwari Lal Purohit) ਅਤੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵਿਚਾਲੇ ਟਕਰਾਅ ਫਿਰ ਵਧ ਸਕਦਾ ਹੈ ਕਿਉਂਕਿ ਰਾਜਪਾਲ ਨੇ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ 3 ਬਿੱਲਾਂ ਨੂੰ ਰਾਸ਼ਟਰਪਤੀ ਦੇ ਵਿਚਾਰ ਲਈ ਆਪਣੇ ਕੋਲ ਰਾਖਵਾਂ ਰੱਖ ਲਿਆ ਹੈ। ਇਨ੍ਹਾਂ ਵਿੱਚ ਪੰਜਾਬ ਯੂਨੀਵਰਸਿਟੀ ਲਾਅਜ਼ (ਸੋਧ) ਬਿੱਲ, 2023, ਸਿੱਖ ਗੁਰਦੁਆਰਾ (ਸੋਧ) ਬਿੱਲ, 2023 ਅਤੇ ਪੰਜਾਬ ਪੁਲਿਸ (ਸੋਧ) ਬਿੱਲ, 2023 ਸ਼ਾਮਲ ਹਨ।
ਇਨ੍ਹਾਂ ਵਿੱਚੋਂ ਸਭ ਤੋਂ ਵੱਧ ਚਰਚਾ ਵਾਲਾ ਬਿੱਲ ਪੰਜਾਬ ਯੂਨੀਵਰਸਿਟੀ ਲਾਅਜ਼ (ਸੋਧ) ਬਿੱਲ 2023 ਹੈ। ਇਸ ਬਿੱਲ ਰਾਹੀਂ ਪੰਜਾਬ ਦੀਆਂ ਯੂਨੀਵਰਸਿਟੀਆਂ ਵਿੱਚ ਵਾਈਸ ਚਾਂਸਲਰ ਨਿਯੁਕਤ ਕਰਨ ਦਾ ਅਧਿਕਾਰ ਰਾਜਪਾਲ ਤੋਂ ਮੁੱਖ ਮੰਤਰੀ ਨੂੰ ਤਬਦੀਲ ਕੀਤਾ ਜਾਣਾ ਹੈ। ਪੱਛਮੀ ਬੰਗਾਲ, ਤਾਮਿਲਨਾਡੂ ਅਤੇ ਕੇਰਲਾ ਤੋਂ ਬਾਅਦ ਪੰਜਾਬ ਚੌਥਾ ਰਾਜ ਹੈ ਜਿਸ ਨੇ ਇਸ ਬਿੱਲ ਨੂੰ ਵਿਧਾਨ ਸਭਾ ਵਿੱਚ ਪੇਸ਼ ਕੀਤਾ ਅਤੇ ਪਾਸ ਕੀਤਾ। ਵਰਨਣਯੋਗ ਹੈ ਕਿ ਪੰਜਾਬ ਵਿੱਚ ਕੁੱਲ 32 ਯੂਨੀਵਰਸਿਟੀਆਂ ਹਨ, ਜਿਨ੍ਹਾਂ ਵਿੱਚੋਂ 20 ਪ੍ਰਾਈਵੇਟ ਯੂਨੀਵਰਸਿਟੀਆਂ ਹਨ।
20 ਜੂਨ ਨੂੰ ਪੰਜਾਬ ਵਿਧਾਨ ਸਭਾ ਵਿਚ ਇਸ ਬਿੱਲ ‘ਤੇ ਚਰਚਾ ਵਿਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਸੂਬੇ ਦਾ ਅਮੀਰ ਸੱਭਿਆਚਾਰ, ਪਰੰਪਰਾਵਾਂ ਅਤੇ ਵਿਰਸਾ ਹੈ, ਜਿਸ ਨੂੰ ਨੌਜਵਾਨ ਪੀੜ੍ਹੀ ਵਿਚ ਸੰਭਾਲਣ ਦੀ ਲੋੜ ਹੈ।