ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ‘ਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਹਰਪ੍ਰੀਤ ਸਿੰਘ ਉਰਫ ਹੈਪੀ ਬਾਬਾ (Harpreet Singh alias Happy Baba) ਵਾਸੀ ਪਿੰਡ ਅਲਾਦੀਨਪੁਰ, ਤਰਨਤਾਰਨ ਦੀ ਗ੍ਰਿਫ਼ਤਾਰੀ ਨਾਲ ਸੂਬੇ ‘ਚ ਮਿੱਥ ਕੇ ਹਤਿਆਵਾਂ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕੀਤਾ ਹੈ।
ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਹੈਪੀ ਬਾਬਾ ਕਤਲ ਅਤੇ ਕਤਲ ਕਰਨ ਦੀ ਕੋਸ਼ਿਸ਼ ਦੇ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਿਲ ਹੈ। ਪੁਲਿਸ ਟੀਮ ਨੇ ਉਸਦੇ ਕਬਜ਼ੇ ‘ਚੋਂ ਇੱਕ 30 ਬੋਰ ਦਾ ਆਟੋਮੈਟਿਕ ਪਿਸਤੌਲ, ਇੱਕ ਮੈਗਜ਼ੀਨ ਅਤੇ ਤਿੰਨ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਡੀਜੀਪੀ ਗੌਰਵ ਯਾਦਵ (DGP Punjab Gaurav Yadav) ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਲੋੜੀਂਦਾ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਜੱਟ ਵਾਸੀ ਜੰਡਿਆਲਾ ਦਾ ਸੰਚਾਲਕ ਹੈ, ਜੋ ਸਰਹੱਦੀ ਸੂਬੇ ਪੰਜਾਬ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਲਈ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਿਹਾ ਸੀ ਅਤੇ ਵੱਡੀ ਰਕਮ ਬਦਲੇ ਇਹ ਕੰਮ ਹੈਪੀ ਬਾਬਾ ਨੂੰ ਸੌਂਪਿਆ ਹੋਇਆ ਸੀ।