ਚੰਡੀਗੜ੍ਹ, 12 ਦਸੰਬਰ: ਪੰਜਾਬ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਨੌਜਵਾਨਾਂ ਦੇ ਸਮਾਜਿਕ, ਸੱਭਿਆਚਾਰਕ ਅਤੇ ਨੈਤਿਕ ਪੱਧਰ ਨੂੰ ਉੱਚਾ ਚੁੱਕਣ ਲਈ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ (ਲੜਕਿਆਂ ਲਈ) ਦੇ ਪਹਿਲੇ ਪੜਾਅ ਦਾ ਆਗਾਜ਼ ਪੰਜਾਬ ਯੂਨੀਵਰਸਿਟੀ (Panjab University), ਚੰਡੀਗੜ੍ਹ (Chandigarh) ਵਿਖੇ ਕੀਤਾ ਗਿਆ ਹੈ। ਇਹ ਵਰਕਸ਼ਾਪ 15 ਦਸੰਬਰ ਤੱਕ ਜਾਰੀ ਰਹੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਸੂਬੇ ਦੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਸੇਧ ਦੇਣ ਦੀ ਹਮੇਸ਼ਾ ਵਕਾਲਤ ਕਰਦੇ ਹਨ। ਇਸੇ ਮਕਸਦ ਦੀ ਪੂਰਤੀ ਲਈ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਸਰਪ੍ਰਸਤੀ ਹੇਠ ਨੌਜਵਾਨਾਂ ਨੂੰ ਸਹੀ ਸੇਧ ਦੇਣ, ਕਿੱਤਾ-ਮੁੱਖੀ ਕੋਰਸਾਂ, ਪੰਜਾਬ ਸਰਕਾਰ ਦੀਆਂ ਸਕੀਮਾਂ ਅਤੇ ਨੌਜਵਾਨਾਂ ਦੀ ਭਲਾਈ ਅਤੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆ ਸਬੰਧੀ ਜਾਣਕਾਰੀ ਦੇਣ ਲਈ ਇਸ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ ਹੈ।
ਇਸ ਸਿਖਲਾਈ ਵਰਕਸ਼ਾਪ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ 115 ਨੌਜਵਾਨ ਭਾਗ ਲੈ ਰਹੇ ਹਨ। ਇਸ ਯੁਵਕ ਵਰਕਸ਼ਾਪ ਵਿੱਚ ਰਾਜ ਦੇ ਐਫੀਲੀਏਟ ਯੂਥ ਕਲੱਬਾਂ ਦੇ ਅਹੁਦੇਦਾਰਾਂ ਨੂੰ ਸ਼ਾਮਿਲ ਕੀਤਾ ਗਿਆ ਹੈ ਤਾਂ ਜੋ ਇਹ ਨੌਜਵਾਨ ਯੂਥ ਕਲੱਬਾਂ ਰਾਹੀਂ ਪਿੰਡਾਂ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾ ਸਕਣ।