ਮਾਲੇਰਕੋਟਲਾ, 26 ਦਸੰਬਰ : ਸਿਵਲ ਸਰਜਨ ਮਾਲੇਰਕੋਟਲਾ ਡਾ ਚੇਤਨਾ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਹਸਪਤਾਲਾਂ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਸਬ-ਡਵੀਜ਼ਨ ਹਸਪਤਾਲ ਦਾ ਦੌਰਾ ਕਰਨ ਸਮੇਂ ਸਟਾਫ਼ ਨੂੰ ਹਦਾਇਤਾਂ । ਇਸ ਸਮੇਂ ਸਿਵਲ ਸਰਜਨ ਵੱਲੋਂ ਹਸਪਤਾਲ ਵਿੱਚ ਇਲਾਜ ਕਰਵਾਉਣ ਆਏ ਲੋਕਾਂ ਨਾਲ ਹਸਪਤਾਲ ਵਿੱਚ ਮਿਲ ਰਹੀਆਂ ਸਿਹਤ ਸਹੂਲਤਾਂ ਸਬੰਧੀ ਗੱਲਬਾਤ ਵੀ ਕੀਤੀ ਗਈ। ਹਸਪਤਾਲ ਦਾ ਦੌਰਾ ਕਰਨ ਤੋਂ ਪਹਿਲਾਂ ਸਿਵਲ ਸਰਜਨ ਵੱਲੋਂ ਜ਼ਿਲ੍ਹੇ ਨਾਲ ਸਬੰਧਤ ਨਰਸਿੰਗ ਕਾਲਜਾਂ ਦੇ ਸਟਾਫ਼ ਨਾਲ ਇਕ ਮੀਟਿੰਗ ਵੀ ਕੀਤੀ ਗਈ। ਸਿਵਲ ਸਰਜਨ ਡਾ. ਚੇਤਨਾ ਨੇ ਨਰਸਿੰਗ ਕਾਲਜ ਦੇ ਸਟਾਫ਼ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਕਾਲਜਾਂ ਵਿੱਚ ਸਿੱਖਿਆ ਲੈ ਰਹੇ ਬੱਚਿਆਂ ਨੂੰ ਮਿਆਰੀ ਸਿੱਖਿਆ ਅਤੇ ਸਹੂਲਤਾਂ ਦੇਣਾ ਯਕੀਨੀ ਬਣਾਉਣ ਬਾਰੇ ਕਿਹਾ ਗਿਆ। ਉਨ੍ਹਾਂ ਕਿਹਾ ਕਿ ਇਹ ਬੱਚੇ ਦੇਸ਼ ਦਾ ਭਵਿੱਖ ਹਨ, ਜੋ ਸਿੱਖਿਆ ਪ੍ਰਾਪਤ ਕਰਨ ਉਪਰੰਤ ਲੋਕਾਂ ਨੂੰ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ਦੇਣਗੇ। ਮੀਟਿੰਗ ਉਪਰੰਤ ਸਿਵਲ ਸਰਜਨ ਵੱਲੋਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਪੁਨੀਤ ਸਿੱਧੂ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਿਸ਼ਮਾਂ ਭੌਰਾ ਨਾਲ ਸਬ-ਡਵੀਜ਼ਨ ਹਸਪਤਾਲ ਮਾਲੇਰਕੋਟਲਾ ਦਾ ਦੌਰਾ ਕੀਤਾ ਗਿਆ। ਉਨ੍ਹਾਂ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ਼ ਨੂੰ ਕਿਹਾ ਕਿ ਲੋਕਾਂ ਲਈ ਡਾਕਟਰ ਤੇ ਸਟਾਫ਼ ਰੱਬ ਦਾ ਦੂਜਾ ਰੂਪ ਹੁੰਦੇ ਹਨ, ਇਸ ਲਈ ਉਹ ਲੋਕਾਂ ਨੂੰ ਬਿਨਾ ਖੱਜਲ ਖ਼ੁਆਰੀ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਉਹ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਹਸਪਤਾਲ ਵਿੱਚ ਆਏ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣਾ ਯਕੀਨੀ ਬਣਾਉਣ। ਇਸ ਮੌਕੇ ਸਬ-ਡਵੀਜ਼ਨ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਗਜੀਤ ਸਿੰਘ, ਜਨਰਲ ਸਰਜਨ ਡਾ. ਚਮਨਜੋਤ ਸਿੰਘ ਬੜਿੰਗ, ਬਲਾਕ ਐਜੂਕੇਟਰ ਰਣਬੀਰ ਸਿੰਘ ਢੰਡੇ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ। Post Views: 129