ਮਾਲੇਰਕੋਟਲਾ 06 ਜਨਵਰੀ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਅਗਵਾਈ ਵਿੱਚ ਛੁੱਟੀ ਵਾਲੇ ਦਿਨ ਅੱਜ ਸ਼ਨੀਵਾਰ ਨੂੰ ਜ਼ਿਲ੍ਹੇ ਦੀਆਂ ਤਿੰਨੇ ਸਬ ਡਵੀਜ਼ਨਾਂ ਤੇ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਨਿਵੇਕਲੀ ਮੁਹਿੰਮ ਵਿੱਢੀ ਗਈ ।
ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਸਬ ਡਵੀਜ਼ਨ ਮਾਲੇਰਕੋਟਲਾ ਤੇ ਤਹਿਸੀਲ ਦਫ਼ਤਰ ਵਿਖੇ ਲਗਾਏ ਵਿਸ਼ੇਸ਼ ਕੈਂਪ ਦਾ ਮੁਆਇਨਾ ਕੀਤਾ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਵਚਨਬੱਧ ਹੈ ਅਤੇ ਹਰ ਸੰਭਵ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ ਤਾਂ ਜੋ ਅਵਾਮ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ । ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮਕਾਰ ਨੂੰ ਚੁਸਤ ਦਰੁਸਤ ਅਤੇ ਸੁਚਾਰੂ ਕਰਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੂਰੀ ਸੁਹਿਰਦਤਾ ਨਾਲ ਲੱਗੇ ਹੋਏ ਹਨ । ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਨਿਵੇਕਲੀ ਮੁਹਿੰਮ ਦੀ ਸ਼ਲਾਘਾ ਕਰਦਿਆ ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਦਿਸ਼ਾ ਵਿੱਚ ਇਹ ਵੱਡੀ ਪੁਲਾਂਘ ਭਰੀ ਹੈ ਜੋ ਕਿ ਭਵਿੱਖ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗੀ ।