ਪਟਿਆਲਾ, 4 ਦਸੰਬਰ: ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਦੀ ਸਿਹਤ ਨੂੰ ਠੀਕ ਰੱਖਣ ਲਈ ਇੱਕ ਇਤਿਹਾਸਕ ਕਦਮ ਪੁੱਟਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ (Dr Balbir Singh) ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister Harjot Singh Bains) ਨੇ ਅੱਜ ਆਯੂਸ਼ਮਾਨ ਭਾਰਤ ਸਕੂਲ ਹੈਲਥ ਐਂਡ ਵੈਲਨੈਸ ਪ੍ਰੋਗਰਾਮ (Ayushman Bharat School Health and Wellness Program) ਜਾਰੀ ਕੀਤਾ। ਇੱਥੇ ਸਰਕਾਰੀ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿਖੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਤੇ ਹਰਜੋਤ ਬੈਂਸ ਨੇ ਇਸ ਪ੍ਰੋਗਰਾਮ ਨੂੰ ਰਾਜ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਿਹਤਮੰਦ ਬਣਾਉਣ ਲਈ ਇੱਕ ਨਵਾਂ ਮੀਲ ਪੱਥਰ ਕਰਾਰ ਦਿੱਤਾ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਅਜਿਹੀ ਪਹਿਲੀ ਸਰਕਾਰ ਹੈ, ਜਿਸ ਨੇ ਜਿਸ ਨੇ ਸਿਹਤ ਅਤੇ ਸਿੱਖਆ ਨੂੰ ਆਪਣੀ ਪਹਿਲੀ ਤਰਜੀਹ ਬਣਾਇਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਇਸ ਪ੍ਰੋਗਰਾਮ ਦੀ ਸ਼ੁਰੂਆਤ ਮੋਗਾ ਤੇ ਫ਼ਿਰੋਜ਼ਪੁਰ ਵਿਖੇ ਕੀਤੀ ਜਾ ਚੁੱਕੀ ਹੈ, ਜਿੱਥੇ 850 ਤੋਂ ਵੱਧ ਸਿਹਤ ਅਤੇ ਤੰਦਰੁਸਤੀ ਰਾਜਦੂਤਾਂ ਨੂੰ ਸਿਖਲਾਈ ਦੇ ਕੇ ਵਿਦਿਆਰਥੀਆਂ ਦੀ ਸਿਹਤ ਨੂੰ ਮੋਨੀਟਰ ਕੀਤਾ ਜਾ ਰਿਹਾ ਹੈ। ਭਵਿੱਖ ਦੇ ਨਾਗਰਿਕਾਂ, ਵਿਦਿਆਰਥੀਆਂ ਦੀ ਨਰੋਈ ਸਿਹਤ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ, ਕਿ ‘ਪਟਿਆਲਾ ਵਿੱਚ ਸਕੂਲ ਹੈਲਥ ਤੇ ਵੈਲਨੈਸ ਪ੍ਰੋਗਰਾਮ ਦੀ ਸ਼ੁਰੂਆਤ ਇੱਕ ਕ੍ਰਾਂਤੀਕਾਰੀ ਤਬਦੀਲੀ ਦੀ ਨਿਸ਼ਾਨਦੇਹੀ ਕਰਦੀ ਹੈ ਕਿ ਸੂਬਾ ਸਰਕਾਰ ਸਮਾਜ ਦੀ ਭਲਾਈ ਨੂੰ ਕਿਵੇਂ ਸਮਝਦੀ ਹੈ। ਇਸ ਪ੍ਰੋਗਰਾਮ ਦੇ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ ਲਗਭਗ 752 ਸਿਹਤ ਤੇ ਤੰਦਰੁਸਤੀ ਰਾਜਦੂਤਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਟੰਟਿੰਗ ਅਤੇ ਭੁੱਖਮਰੀ ਸੂਚਕਾਂਕ ਵਿੱਚ ਭਾਰਤ 115ਵੇਂ ਸਥਾਨ ‘ਤੇ ਹੈ, ਇਹੀ ਕਾਰਨ ਹੈ ਕਿ ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆ ਕੇ ਇਸ ਰੁਝਾਨ ਨੂੰ ਉਲਟਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਡਾ. ਬਲਬੀਰ ਸਿੰਘ ਨੇ ਸਿਹਤ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਭੋਜਨ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਸਕੂਲਾਂ ਵਿੱਚ ਦਿੱਤੇ ਜਾ ਰਹੇ ਭੋਜਨ ਦੀ ਨਿਯਮਤ ਜਾਂਚ ਕੀਤੀ ਜਾਵੇ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਦੀ ਈਟ ਰਾਈਟ ਪਹਿਲਕਦਮੀ ਤਹਿਤ ਚੱਲ ਰਹੀਆਂ ਫੂਡ ਸੇਫਟੀ ਵੈਨਾਂ ਦੀ ਮਦਦ ਲੈਣ।