ਚੰਡੀਗੜ੍ਹ : ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦਰਅਸਲ, ਸੁਪਰੀਮ ਕੋਰਟ ਨੇ ਡਰੱਗ ਮਾਮਲੇ ‘ਚ ਖਹਿਰਾ ਨੂੰ ਮਿਲੀ ਜ਼ਮਾਨਤ ਰੱਦ ਕਰਨ ਤੋਂ ਇਨਕਾਰ ਕਰਦਿਆਂ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਸੁਖਪਾਲ ਖਹਿਰਾ ਦੀ ਜ਼ਮਾਨਤ ਰੱਦ ਕਰਨ ਲਈ ਪਟੀਸ਼ਨ ਦਾਇਰ ਕੀਤੀ ਸੀ।
ਜਾਣੋ ਕੀ ਹੈ ਪੂਰਾ ਮਾਮਲਾ
ਦੱਸ ਦੇਈਏ ਕਿ ਸੁਖਪਾਲ ਖਹਿਰਾ ਬੇਸ਼ੱਕ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆ ਗਏ ਹਨ ਪਰ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਜ਼ਮਾਨਤ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਸਰਕਾਰ ਵੱਲੋਂ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਤੋਂ ਬਾਅਦ ਸੁਖਪਾਲ ਖਹਿਰਾ ਵੱਲੋਂ ਕੈਵੀਏਟ ਫਾਈਲ ਦਾਖ਼ਲ ਕੀਤੀ ਗਈ ਹੈ। ਹਾਲਾਂਕਿ ਪੰਜਾਬ ਸਰਕਾਰ ਨੇ ਇਸ ਦਾ ਵਿਰੋਧ ਕੀਤਾ ਸੀ। ਉਨ੍ਹਾਂ ਦੇ ਪੁੱਤਰ ਐਡਵੋਕੇਟ ਮਹਿਤਾਬ ਖਹਿਰਾ ਨੇ ਦੱਸਿਆ ਸੀ ਕਿ ਇਸ ਮਾਮਲੇ ਦੀ ਸੁਣਵਾਈ ਵੀਰਵਾਰ ਨੂੰ ਹੋਵੇਗੀ। ਜਿਸ ਤੋਂ ਬਾਅਦ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ ਪਟੀਸ਼ਨ ਰੱਦ ਕਰਦਿਆਂ ਸੁਖਪਾਲ ਖਹਿਰਾ ਨੂੰ ਰਾਹਤ ਦਿੱਤੀ ਗਈ ਹੈ।