ਮਾਲੇਰਕੋਟਲਾ 15 ਜਨਵਰੀ :
ਪੰਜਾਬ ਸਰਕਾਰ ਵੱਲੋਂ ਨਾਮਧਾਰੀ ਸ਼ਹੀਦੀ ਸਮਾਰਕ ਮਾਲੇਰਕੋਟਲਾ ਵਿਖੇ ਸ਼ਹੀਦਾਂ ਦੀ ਯਾਦ ’ਚ 17 ਜਨਵਰੀ ਨੂੰ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ । ਇਸ ਰਾਜ ਪੱਧਰੀ ਸਮਾਗਮ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪਸ਼ੂ ਪਾਲਣ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਸਿਰਕਤ ਕਰਕੇ ਸ਼ਹੀਦਾਂ ਨੂੰ ਸਰਧਾਂਜਲੀ ਭੇਟ ਕਰਨਗੇ । ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਰਾਜ ਪੱਧਰੀ ਸਮਾਗਮ ਦੇ ਅਗੇਤੇ ਪ੍ਰਬੰਧਾਂ ਦਾ ਜਾਇਜਾ ਲੈਣ ਸਮੇਂ ਦਿੱਤੀ । ਇਸ ਮੌਕੇ ਐਸ.ਐਸ.ਪੀ. ਮਾਲੇਰਕੋਟਲਾ ਸ੍ਰੀ ਹਰਕਮਲਪ੍ਰੀਤ ਸਿੰਘ ਖੱਖ,ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ, ਐਸ.ਡੀ.ਐਮ.ਸ੍ਰੀਮਤੀ ਅਪਰਨਾ ਐਮ.ਬੀ,ਐਸ.ਪੀ.,ਐਸ.ਪੀ ਹੈੱਡਕੁਆਰਟਰ ਸਵਰਨਜੀਤ ਕੌਰ, ਡੀ.ਐਸ.ਪੀ. ਸ੍ਰੀ ਰਣਜੀਤ ਸਿੰਘ ਬੈਂਸ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ । ਇਸ ਮੌਕੇ ਨਾਮਧਾਰੀ ਸ਼ਹੀਦੀ ਸਮਾਰਕ ਮਾਲੇਰਕੋਟਲਾ ਦੇ ਨੁਮਾਇੰਦੇ ਸ੍ਰੀ ਗੁਰਸੇਵਕ ਸਿੰਘ ਨਾਮਧਾਰੀ ਵੀ ਮੌਜੂਦ ਸਨ ।
ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਸਮਾਰੋਹ ਵਾਲੀ ਥਾਂ ‘ਤੇ ਆਪਸੀ ਤਾਲਮੇਲ ਨਾਲ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੀਣ ਵਾਲੇ ਪਾਣੀ, ਆਰਜ਼ੀ ਪਖਾਨਿਆਂ, ਆਵਾਜਾਈ ਵਿਵਸਥਾ ਸੁਚਾਰੂ ਬਣਾਉਣ ਸਮੇਤ ਹੋਰ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਹਦਾਇਤਾਂ ਜਾਰੀ ਕੀਤੀਆਂ ਅਤੇ ਸਮੂਹ ਪ੍ਰਬੰਧਾਂ ਨੂੰ ਬਿਹਤਰ ਅਤੇ ਸੁਖਾਵੇਂ ਢੰਗ ਨਾਲ ਮੁਕੰਮਲ ਕਰਨ ਲਈ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਡਿਊਟੀ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹਾਉਣ ਨੂੰ ਯਕੀਨੀ ਬਣਾਇਆ ਜਾਵੇ ।