ਪਟਿਆਲਾ: ਡਰੱਗ ਰੈਕੇਟ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (Special Investigation Team) (ਐਸ.ਆਈ.ਟੀ) ਜਿਸ ਦੀ ਅਗਵਾਈ ਏ.ਡੀ.ਜੀ.ਪੀ. ਮੁਖਵਿੰਦਰ ਸਿੰਘ ਛੀਨਾ (ADGP Mukhwinder Singh Chhina) ਕਰ ਰਹੇ ਹਨ, ਨੇ ਸਾਬਕਾ ਵਿਧਾਇਕ ਤੇ ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਆਪਣੇ ਸਾਹਮਣੇ ਪੇਸ਼ ਹੋਣ ਲਈ ਕਿਹਾ ਸੀ ਪਰ ਬੋਨੀ ਅਜਨਾਲਾ ਐਸ.ਆਈ.ਟੀ ਸਾਹਮਣੇ ਪੇਸ਼ ਨਹੀਂ ਹੋਏ। ਇਸ ਮਾਮਲੇ ਵਿੱਚ ਐਸ.ਆਈ.ਟੀ. ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਤਲਬ ਕੀਤਾ ਹੈ। ਬਿਕਰਮ ਸਿੰਘ ਮਜੀਠੀਆ ਨੂੰ 18 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।
ਜਾਣਕਾਰੀ ਮੁਤਾਬਕ SIT ਦਾ ਦਾਅਵਾ ਹੈ ਕਿ ਇਸ ਮਾਮਲੇ ‘ਚ ਕੁਝ ਨਵੇਂ ਸਬੂਤ ਮਿਲੇ ਹਨ। ਇਸ ਸਬੰਧੀ ਜਾਂਚ ਜ਼ਰੂਰੀ ਹੈ। ਫਿਲਹਾਲ ਪੁਲਿਸ ਇਸ ਸਬੰਧੀ ਕੋਈ ਪ੍ਰਤੀਕਿਰਿਆ ਨਹੀਂ ਦੇ ਰਹੀ ਹੈ। ਬੋਨੀ ਅਜਨਾਲਾ ਨੇ ਦੁਪਹਿਰ 2 ਵਜੇ SIT ਅੱਗੇ ਪੇਸ਼ ਹੋਣਾ ਸੀ। ਇਸ ਸਬੰਧੀ ਬੋਨੀ ਅਜਨਾਲਾ ਨੇ ਮੀਡੀਆ ਨੂੰ ਦੱਸਿਆ ਕਿ ਉਹ ਕਿਸੇ ਕੰਮ ਵਿੱਚ ਰੁੱਝੇ ਹੋਣ ਕਾਰਨ ਪੇਸ਼ ਨਹੀਂ ਹੋ ਸਕੇ ਅਤੇ ਉਨ੍ਹਾਂ ਇਸ ਮਾਮਲੇ ਵਿੱਚ ਐਸਆਈਟੀ ਮੁਖੀ ਨੂੰ ਸੂਚਿਤ ਕਰ ਦਿੱਤਾ ਹੈ। ਦੂਜੇ ਪਾਸੇ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦਾ ਕਹਿਣਾ ਹੈ ਕਿ ਅਮਰਪਾਲ ਸਿੰਘ ਬੋਨੀ ਅਜਨਾਲਾ ਆਪਣੇ ਰੁਝੇਵਿਆਂ ਕਾਰਨ ਜਾਂਚ ਵਿੱਚ ਸ਼ਾਮਲ ਨਹੀਂ ਹੋ ਸਕੇ ਅਤੇ ਉਨ੍ਹਾਂ ਨੂੰ ਦੁਬਾਰਾ ਬੁਲਾਇਆ ਗਿਆ ਹੈ।