ਚੰਡੀਗੜ੍ਹ: ਐਸ.ਵਾਈ.ਐਲ (SYL) ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੀ ਮੀਟਿੰਗ ਖ਼ਤਮ ਹੋ ਗਈ ਹੈ, ਜਿਸ ਵਿੱਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ (Union Minister Gajendra Singh Shekhawat) ਵੀ ਮੌਜੂਦ ਰਹੇ। ਦਰਅਸਲ ਅੱਜ ਬੁਲਾਈ ਗਈ ਐਸ.ਵਾਈ.ਐਲ ਦੇ ਮੁੱਦੇ ‘ਤੇ ਅਹਿਮ ਮੀਟਿੰਗ ਨੂੰ ਲੈ ਕੇ ਕਈ ਉਮੀਦਾਂ ਜ਼ਾਹਰ ਕੀਤੀਆਂ ਜਾ ਰਹੀਆਂ ਸਨ ਪਰ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਸਥਿਤੀ ਮੁੜ ਉਸੇ ਤਰ੍ਹਾਂ ਦੀ ਨਜ਼ਰ ਆਈ। ਅੱਜ ਹੋਈ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਮੌਜੂਦ ਸਨ। ਇਸ ਦੌਰਾਨ ਦੋਵਾਂ ਰਾਜਾਂ ਦੇ ਏ.ਜੀ ਅਤੇ ਸੀ.ਐਸ ਵੀ ਮੀਟਿੰਗ ਵਿੱਚ ਮੌਜੂਦ ਰਹੇ। ਮੀਟਿੰਗ ਵਿੱਚ ਸਿੰਚਾਈ ਵਿਭਾਗ ਦੇ ਮੁਖੀ, ਸਕੱਤਰ ਅਤੇ ਅਧਿਕਾਰੀ ਵੀ ਹਾਜ਼ਰ ਰਹੇ।
ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕਰੀਬ 1.25 ਘੰਟੇ ਚੱਲੀ ਮੀਟਿੰਗ ਖਤਮ ਹੋ ਗਈ ਹੈ ਅਤੇ ਅਜੇ ਤੱਕ ਐਸ.ਵਾਈ.ਐਲ ਮੁੱਦੇ ‘ਤੇ ਕੋਈ ਫ਼ੈਸਲਾ ਨਹੀਂ ਹੋਇਆ ਹੈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀ.ਐਮ ਮਾਨ ਨੇ ਕਿਹਾ ਕਿ ਮੀਟਿੰਗ ਵਿੱਚ ਉਨ੍ਹਾਂ ਸਪੱਸ਼ਟ ਕਿਹਾ ਕਿ ਪੰਜਾਬ ਕੋਲ ਗੰਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ ਅਤੇ ਅਸੀਂ ਇੱਕ ਵਾਰ ਫਿਰ ਆਪਣੇ ਪੁਰਾਣੇ ਸਟੈਂਡ ‘ਤੇ ਕਾਇਮ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਇਸ ਸਮੇਂ ਬਿਲਕੁਲ ਉਲਟ ਹਨ। ਧਰਤੀ ਹੇਠਲੇ ਪਾਣੀ ਦਾ ਪੱਧਰ ਕਾਫੀ ਹੇਠਾਂ ਚਲਾ ਗਿਆ ਹੈ ਅਤੇ ਪੰਜਾਬ ਵਿਚ ਪਾਣੀ ਦੀ ਮਾਤਰਾ ਕਾਫੀ ਘੱਟ ਗਈ ਹੈ, ਜਿਸ ਕਾਰਨ ਹਰਿਆਣਾ ਨੂੰ ਪਾਣੀ ਦੇਣਾ ਸੰਭਵ ਨਹੀਂ ਹੈ।