ਲੁਧਿਆਣਾ: ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਸ਼ੁਰੂ ਕੀਤੀ ਗਈ ਪੇਰੈਂਟਸ ਟੀਚਰ ਮੀਟਿੰਗ (Parent Teacher Meeting) (ਪੀ.ਟੀ.ਐਮ.) ਸਬੰਧੀ ਅਹਿਮ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਪ੍ਰਦਾਨ ਕਰਨ ਅਤੇ ਮਾਪਿਆਂ ਅਤੇ ਅਧਿਆਪਕਾਂ ਵਿੱਚ ਵਧੀਆ ਤਾਲਮੇਲ ਪੈਦਾ ਕਰਨ ਦੇ ਉਦੇਸ਼ ਨਾਲ ਸਿੱਖਿਆ ਵਿਭਾਗ ਵੱਲੋਂ 16 ਦਸੰਬਰ 2023 ਦਿਨ ਸ਼ਨੀਵਾਰ ਨੂੰ ਮੈਗਾ ਪੀ.ਟੀ.ਐਮ. ਰੱਖੀ ਗਈ ਹੈ। 16 ਦਸੰਬਰ ਦਿਨ ਸ਼ਨੀਵਾਰ ਨੂੰ ਹੋਣ ਵਾਲੀ ਇਸ ਮੈਗਾ ਪੇ.ਟੀ.ਐਮ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3.30 ਵਜੇ ਤੱਕ ਹੋਵੇਗਾ, ਜਿਸ ਵਿੱਚ ਪ੍ਰੀ-ਪ੍ਰਾਇਮਰੀ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਮਾਪਿਆਂ ਦੀ ਹਾਜ਼ਰੀ ਜ਼ਰੂਰੀ ਹੈ।
ਮੈਗਾ PTM ਦਾ ਏਜੰਡਾ
ਇਸ ਦੌਰਾਨ ਸਕੂਲ ਮੁਖੀ ਅਤੇ ਅਧਿਆਪਕ ਆਪਣੇ ਬੱਚਿਆਂ ਦੇ ਮਾਪਿਆਂ ਨਾਲ ਬੱਚਿਆਂ ਦੀ ਸਕੂਲੀ ਕਾਰਗੁਜ਼ਾਰੀ ਦੇ ਨਾਲ-ਨਾਲ ਉਨ੍ਹਾਂ ਦੇ ਸਰੀਰਕ, ਮਾਨਸਿਕ, ਭਾਵਨਾਤਮਕ ਅਤੇ ਸਮਾਜਿਕ ਵਿਕਾਸ ਬਾਰੇ ਵਿਚਾਰ-ਵਟਾਂਦਰਾ ਕਰਨਗੇ ਅਤੇ ਆਉਣ ਵਾਲੀਆਂ ਸਾਲਾਨਾ ਪ੍ਰੀਖਿਆਵਾਂ ਬਾਰੇ ਜਾਣਕਾਰੀ ਸਾਂਝੀ ਕਰਨਗੇ। ਇਸ ਦੇ ਨਾਲ ਹੀ ਘਰ ਅਤੇ ਸਕੂਲ ਵਿੱਚ ਵਧੀਆ ਮਾਹੌਲ ਬਣਾਉਣ ਬਾਰੇ ਵੀ ਚਰਚਾ ਕੀਤੀ ਜਾਵੇਗੀ।