ਮਾਲੇਰਕੋਟਲਾ 05 ਦਸੰਬਰ :
ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਬਾਰੇ ਦੇਸ਼- ਦੁਨੀਆ ਨੂੰ ਜਾਣੂੰ ਕਰਵਾਉਣ, ਸੂਬੇ ਵਿਚ ਸੈਰ ਸਪਾਟਾ ਖੇਤਰ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ।ਇਸ ਉਦੇਸ਼ ਦੀ ਪ੍ਰਾਪਤੀ ਲਈ ਇੱਥੋਂ ਦੀ ਅਮੀਰ ਵਿਰਾਸਤ ਅਤੇ ਸਭਿਆਚਾਰਕ ਮਹੱਤਤਾ ਨੂੰ ਉਜਾਗਰ ਕਰਨ ਲਈ ਮਿਤੀ 14 ਤੋਂ 17 ਦਸੰਬਰ ਤੱਕ “ਮਾਲੇਰਕੋਟਲਾ ਸੂਫ਼ੀ ਫ਼ੈਸਟੀਵਲ” ਦਾ ਆਯੋਜਨ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਕੀਤਾ ਜਾਵੇਗਾ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਸੂਫ਼ੀ ਫ਼ੈਸਟੀਵਲ ਸਬੰਧੀ ਅਗੇਤੇ ਪ੍ਰਬੰਧਾਂ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਦਿੱਤੀ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ,ਐਸ.ਡੀ.ਐਮ. ਸ੍ਰੀ ਸੁਰਿੰਦਰ ਸਿੰਘ, ਡੀ.ਆਰ.ਓ ਸ੍ਰੀ ਮਨਮੋਹਨ ਕੁਮਾਰ, ਜੀ.ਐਸ.ਟੀ. ਈ.ਟੀ.ਓ ਸ੍ਰੀਮਤੀ ਜਸਲੀਨ ਕੌਰ, ਈ.ਟੀ.ਓ ਸ੍ਰੀ ਪ੍ਰੀਤ ਭੁਪਿੰਦਰ ਸਿੰਘ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਸਰਤਾਜ ਸਿੰਘ, ਕਾਰਜ ਸਾਧਕ ਅਫ਼ਸਰ ਮਾਲੇਰਕੋਟਲਾ ਸ੍ਰੀ ਅਪਰ ਅਪਾਰ ਸਿੰਘ, ਨਾਇਬ ਤਹਿਸੀਲਦਾਰ ਅਮਰਗੜ੍ਹ ਸ੍ਰੀਮਤੀ ਅੰਕਿਤਾ ਅਗਰਵਾਲ, ਨਾਇਬ ਤਹਿਸੀਲਦਾਰ ਸ੍ਰੀ ਹਰਸ਼ਵੀਰ ਗੋਇਲ, ਨਾਇਬ ਤਹਿਸੀਲਦਾਰ ਪ੍ਰਿਯੰਕਾ ਰਾਣੀ, ਸਹਾਇਕ ਡਾਇਰੈਕਟਰ ਬਾਗ਼ਬਾਨੀ ਡਾ.ਹਰਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ ।
ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ,ਪੰਜਾਬ ਦੇ ਸਹਿਯੋਗ ਨਾਲ ਆਯੋਜਿਤ ਹੋਣ ਵਾਲੇ ਇਸ ਸਮਾਗਮ ਦੌਰਾਨ ਮਾਲੇਰਕੋਟਲਾ ਦੇ ਪੰਜਾਬੀ ਸੱਭਿਆਚਾਰ ਦੇ ਸਾਰੇ ਪਹਿਲੂਆਂ ਨੂੰ ਇੱਕ ਥਾਂ ਤੇ ਪ੍ਰਦਰਸ਼ਿਤ ਕਰਨ ਦੇ ਉਪਰਾਲੇ ਕੀਤੇ ਜਾਣਗੇ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਿਆ ਜਾ ਸਕੇ । ਉਨ੍ਹਾਂ ਕਿਹਾ ਕਿ ਇਹ ਸਮਾਗਮ ਮਾਲੇਰਕੋਟਲਾ ਦੇ ਫ਼ਨਕਾਰਾਂ ਨੂੰ ਆਪਣੇ ਫਨ ਨੂੰ ਉਜਾਗਰ ਕਰਨ ਦਾ ਮੌਕਾ ਪ੍ਰਦਾਨ ਕਰਨ ਲਈ ਸਹਾਇਕ ਹੋਵੇਗਾ ।
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਸੂਫ਼ੀ ਫ਼ੈਸਟੀਵਲ ਦੇ ਅਗੇਤੇ ਪ੍ਰਬੰਧ ਸਮਾਂ ਰਹਿੰਦੇ ਕਰਨ ਦੇ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਅਤੇ ਅਣਗਹਿਲੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਸੁਰੱਖਿਆ ਅਤੇ ਟਰੈਫ਼ਿਕ ਵਿਵਸਥਾ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਸਮਾਗਮ ਵਾਲੇ ਸਥਾਨ ਅਤੇ ਆਲ਼ੇ ਦੁਆਲੇ ਦੀ ਸਾਫ਼ ਸਫ਼ਾਈ, ਪਖਾਨਿਆਂ, ਪਾਰਕਿੰਗ ਵਾਲੇ ਸਥਾਨ ਦੀ ਸਾਫ਼ ਸਫ਼ਾਈ ਦੇ ਪ੍ਰਬੰਧ ਕਰਨ ਲਈ ਨਿਰਦੇਸ਼ ਦਿੱਤੇ । ਉਨ੍ਹਾਂ ਹੋਰ ਅਧਿਕਾਰੀਆਂ ਨੂੰ ਪੀਣ ਵਾਲੇ ਪਾਣੀ, ਪੁਖ਼ਤਾ ਰੋਸ਼ਨੀ, ਨਿਰਵਿਘਨ ਬਿਜਲੀ ਦੀ ਸਪਲਾਈ ਆਦਿ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ।ਉਨ੍ਹਾਂ ਦੱਸਿਆ ਕਿ ਇਸ ਮੌਕੇ ਪ੍ਰਦਰਸ਼ਨੀ ਦੇ ਨਾਲ ਨਾਲ ਰਵਾਇਤੀ ਲੋਕਲ ਖਾਣ ਪੀਣ ਦੇ ਸਟਾਲ ਲਗਾਏ ਜਾਣਗੇ ਤਾਂ ਜੋ ਸੈਲਾਨੀਆਂ ਨੂੰ ਮਾਲੇਰਕੋਟਲਾ ਦੀ ਵਿਰਾਸਿਤ ਅਤੇ ਜਾਇਕੇ ਤੋਂ ਅਵਗਤ ਹੋ ਸਕਣ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਲੇਰਕੋਟਲਾ ਸੂਫ਼ੀ ਫ਼ੈਸਟੀਵਲ ਸਮੇਂ ਆਯੋਜਿਤ ਹੋਣ ਵਾਲੇ ਸਮਾਗਮਾਂ ਦੀ ਕੋਈ ਟਿਕਟ ਨਹੀਂ ਹੋਵੇਗੀ, ਇਸ ਲਈ ਸਮੂਹ ਨਿਵਾਸੀਆਂ, ਕਲਾ ਪ੍ਰੇਮੀਆ ਤੇ ਆਮ ਲੋਕਾਂ ਨੂੰ ਇਸ ਆਯੋਜਨ ਦਾ ਅਨੰਦ ਮਾਣਨ ਲਈ ਖੁੱਲ੍ਹਾ ਸੱਦਾ ਹੋਵੇਗਾ ।