ਚੰਡੀਗੜ੍ਹ, 30 ਜਨਵਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 30 ਜਨਵਰੀ ਨੂੰ ਭਾਰਤੀ ਸਿਆਸਤ ਦੇ ਇਤਿਹਾਸ ਵਿੱਚ ‘ਕਾਲੇ ਦਿਨ’ ਵਜੋਂ ਯਾਦ ਕੀਤਾ ਜਾਵੇਗਾ ਕਿਉਂਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਅੱਜ ਚੰਡੀਗੜ੍ਹ ਦੇ ਮੇਅਰ ਦੀ ਚੋਣ ਦੌਰਾਨ ਜਮਹੂਰੀਅਤ ਦੀਆਂ ਧੱਜੀਆਂ ਉਡਾਈਆਂ ਹਨ।
ਇੱਥੇ ਪੰਜਾਬ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੌਕੇ ਨੂੰ ਸਾਡੀ ਜਮਹੂਰੀਅਤ ਦੇ ਇਤਿਹਾਸ ਵਿੱਚ ਕਾਲੇ ਦਿਨ ਵਜੋਂ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਮਹੀਨੇ ਪੂਰੇ ਦੇਸ਼ ਵਿੱਚ ਗਣਤੰਤਰ ਦਿਵਸ ਮਨਾਇਆ ਗਿਆ ਤਾਂ ਇਸੇ ਮਹੀਨੇ ਨੂੰ ਭਾਜਪਾ ਨੇ ਦੇਸ਼ ਦੇ ਸੰਵਿਧਾਨ ਦੀਆਂ ਧੱਜੀਆਂ ਉਡਾਉਣ ਲਈ ਚੁਣਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਭਾਜਪਾ ਦੀ ਪੁਰਾਣੀ ਆਦਤ ਹੈ ਕਿਉਂਕਿ ਉਸ ਨੇ ਪਹਿਲਾਂ ਵੀ ਮੱਧ ਪ੍ਰਦੇਸ਼, ਕਰਨਾਟਕ, ਗੋਆ, ਮਹਾਰਾਸ਼ਟਰ ਤੇ ਹੋਰ ਸੂਬਿਆਂ ਵਿੱਚ ਜਮਹੂਰੀ ਤਰੀਕੇ ਨਾਲ ਚੁਣੀਆਂ ਸਰਕਾਰਾਂ ਦਾ ਤਖ਼ਤਾ ਪਲਟਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜੇ ਸਿਰਫ਼ 36 ਵੋਟਾਂ ਦੀ ਗਿਣਤੀ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਨਹੀਂ ਹੋ ਸਕਦੀ ਤਾਂ ਸਮੁੱਚੇ ਦੇਸ਼ ਵਿੱਚ ਚੋਣਾਂ ਅਤੇ ਵੋਟਾਂ ਦੀ ਗਿਣਤੀ ਕਿਵੇਂ ਨਿਰਪੱਖ ਤਰੀਕੇ ਨਾਲ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਆਗੂ ਆਪਣੇ ਨਿੱਜੀ ਸਵਾਰਥਾਂ ਲਈ ਵੋਟਰਾਂ ਤੋਂ ਬੈਲਟ ਪੇਪਰ ਲੁੱਟਣਗੇ ਅਤੇ ਪਹਿਲਾਂ ਵੀ ਈ.ਵੀ.ਐਮ. ਮਸ਼ੀਨਾਂ ਇਨ੍ਹਾਂ ਆਗੂਆਂ ਦੇ ਘਰਾਂ ਤੋਂ ਮਿਲੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਤੰਤਰ ਸਹੀ ਦਿਸ਼ਾ ਵਿੱਚ ਨਹੀਂ ਜਾ ਰਿਹਾ ਅਤੇ ਇਹ ਦੇਸ਼ ਤੇ ਆਮ ਆਦਮੀ ਦੇ ਹਿੱਤ ਵਿੱਚ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਜਾਣ-ਬੁੱਝ ਕੇ ਆਪਣੇ ਘੱਟ ਗਿਣਤੀ ਵਿੰਗ ਦੇ ਮੁਖੀ ਨੂੰ ਚੰਡੀਗੜ੍ਹ ਦੇ ਮੇਅਰ ਦੀ ਚੋਣ ਲਈ ਪ੍ਰੀਜ਼ਾਈਡਿੰਗ ਅਫ਼ਸਰ ਨਿਯੁਕਤ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰੀਜ਼ਾਈਡਿੰਗ ਅਫ਼ਸਰ ਨੇ ਭਾਜਪਾ ਦੀ ਜਿੱਤ ਯਕੀਨੀ ਬਣਾਉਣ ਲਈ ‘ਗੋਡਿਆਂ ਭਾਰ’ ਹੋ ਕੇ ਆਪਣੇ ਆਕਾਵਾਂ ਦੀ ਇੱਛਾ ਉਤੇ ਫੁੱਲ ਚੜ੍ਹਾਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰੀਜ਼ਾਈਡਿੰਗ ਅਫ਼ਸਰ ਨੇ ਡਾ. ਬੀ.ਆਰ. ਅੰਬੇਦਕਰ ਵੱਲੋਂ ਸੰਕਲਪਿਤ ਸੰਵਿਧਾਨਿਕ ਪ੍ਰਕਿਰਿਆ ਦੀਆਂ ਧੱਜੀਆਂ ਉਡਾ ਕੇ ਸਮੁੱਚੇ ਦੇਸ਼ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।