ਫਤਿਹਗੜ੍ਹ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਫਤਿਹਗੜ੍ਹ ਸਾਹਿਬ (Fatehgarh Sahib) ਵਿੱਚ ਅਚਨਚੇਤ ਚੈਕਿੰਗ ਕੀਤੀ। ਪ੍ਰਾਪਤ ਖਬਰਾਂ ਅਨੁਸਾਰ ਸੀ.ਐਮ ਮਾਨ ਖੰਨਾ ਜਾਂਦੇ ਹੋਏ ਅਚਾਨਕ ਹੀ ਫਤਿਹਗੜ੍ਹ ਸਾਹਿਬ ਦੇ ਸੁਵਿਧਾ ਕੇਂਦਰ ਪਹੁੰਚ ਗਏ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ। ਸੀ.ਐਮ ਮਾਨ ਨੇ ਇਸ ਮੌਕੇ ਕਿਹਾ ਕਿ ਦਸੰਬਰ ਮਹੀਨੇ ਵਿੱਚ 20 ਤੋਂ 30 ਤਰੀਕ ਤੱਕ ਕੋਈ ਵੀ ਸਰਕਾਰੀ ਸਮਾਗਮ ਨਹੀਂ ਮਨਾਇਆ ਜਾਵੇਗਾ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਾਰਾ ਪਰਿਵਾਰ ਇਸ ਮਹੀਨੇ ਸ਼ਹੀਦ ਹੋਇਆ ਸੀ, ਇਸ ਲਈ ਸਾਨੂੰ ਇਸ ਮਹੀਨੇ ਵਿੱਚ ਕੋਈ ਵੀ ਤਿਉਹਾਰ ਨਹੀਂ ਮਨਾਉਣਾ ਚਾਹੀਦਾ। ਇਸ ਦਿਨ ਨਾ ਤਾਂ ਡੀਜੇ ਅਤੇ ਨਾ ਹੀ ਜਲੇਬੀਆਂ ਦੇ ਲੰਗਰ ਲਗਾਏ ਜਾਣ।
ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੂਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਜ਼ਿਲ੍ਹਿਆਂ ਦੇ ਨਾਂ ਲਿਖ ਕੇ ਪਾਰਕਿੰਗ ਬਾਰੇ ਜਾਣੂ ਕਰਵਾਇਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਬਿਹਤਰ ਪਾਰਕਿੰਗ ਦੇ ਵੀ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲੰਗਰ ਜਾਂ ਕੋਈ ਹੋਰ ਪ੍ਰਬੰਧ ਕਰੇਗੀ, ਅਸੀਂ ਉਸ ਵਿੱਚ ਦਖ਼ਲ ਨਹੀਂ ਦੇਵਾਂਗੇ, ਸਗੋਂ ਉਨ੍ਹਾਂ ਦੀ ਮਦਦ ਕਰਾਂਗੇ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਸੀ.ਐਮ. ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੁਲਿਸ ਨਾਲ ਸਬੰਧਤ ਸੇਵਾਵਾਂ ਵਿੱਚ ਹੋਰ ਸੁਧਾਰ ਕੀਤਾ ਜਾਵੇਗਾ।
ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਅਚਨਚੇਤ ਚੈਕਿੰਗ ਲਈ ਬੱਸੀ ਪਠਾਣਾਂ ਦੇ ਸੁਵਿਧਾ ਕੇਂਦਰ ਪੁੱਜੇ। ਇਸ ਦੌਰਾਨ ਉਨ੍ਹਾਂ ਕੰਮ ਦਾ ਜਾਇਜ਼ਾ ਲਿਆ ਅਤੇ ਲੋਕਾਂ ਨਾਲ ਗੱਲਬਾਤ ਵੀ ਕੀਤੀ। ਇਸ ਦੌਰਾਨ ਸੀ.ਐਮ ਮਾਨ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਹੱਲ ਵੀ ਕੱਢਿਆ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕਰਨ ਵਾਲੇ ਪਟਵਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।