ਚੰਡੀਗੜ੍ਹ: ਮੌਸਮ ਵਿਭਾਗ (Meteorological Department ) ਨੇ ਇਕ ਵਾਰ ਫਿਰ ਰੈੱਡ ਅਲਰਟ ਜਾਰੀ ਕੀਤਾ ਹੈ, ਅਗਲੇ 2 ਦਿਨਾਂ ‘ਚ ਪੰਜਾਬ ‘ਚ ਕੜਾਕੇ ਦੀ ਠੰਡ ਦੀ ਚੇਤਾਵਨੀ ਦਿੱਤੀ ਹੈ। ਪਿਛਲੇ 2-3 ਦਿਨਾਂ ਤੋਂ ਬਾਅਦ ਦੁਪਹਿਰ ਧੁੱਪ ਨਿਕਲਣ ਕਾਰਨ ਰਾਹਤ ਮਿਲਣੀ ਸ਼ੁਰੂ ਹੋ ਗਈ ਸੀ ਪਰ ਕੱਲ੍ਹ ਪੂਰਾ ਦਿਨ ਧੁੱਪ ਨਾ ਨਿਕਲਣ ਕਾਰਨ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਠੰਢ ਦਾ ਕਹਿਰ ਜਾਰੀ ਰਿਹਾ।
ਮੌਸਮ ਵਿਭਾਗ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਸ਼ੁਰੂ ਹੋਈ ਠੰਢ ਤੋਂ ਰਾਹਤ ਦਾ ਸਿਲਸਿਲਾ ਟੁੱਟ ਗਿਆ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹੇ ਅਗਲੇ 2 ਦਿਨਾਂ ਤੱਕ ਰੈੱਡ ਅਲਰਟ ਜ਼ੋਨ ਵਿੱਚ ਰਹਿਣਗੇ। ਮੌਸਮ ‘ਚ ਅਚਾਨਕ ਆਏ ਬਦਲਾਅ ਕਾਰਨ ਠੰਡ ਨੇ ਇਕ ਵਾਰ ਫਿਰ ਗੰਭੀਰ ਰੂਪ ਧਾਰਨ ਕਰ ਲਿਆ ਹੈ, ਜਿਸ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ। ਪੰਜਾਬ ਦੇ ਨਵੇਂ ਅੰਕੜਿਆਂ ਅਨੁਸਾਰ ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 4 ਡਿਗਰੀ ਦਰਜ ਕੀਤਾ ਗਿਆ ਜਦੋਂਕਿ ਫ਼ਿਰੋਜ਼ਪੁਰ, ਅੰਮ੍ਰਿਤਸਰ, ਪਠਾਨਕੋਟ ਆਦਿ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।