ਚੰਡੀਗੜ੍ਹ, 3 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਤਬਾਹ ਕਰਨ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (Anti-Gangster Task Force) (ਏ.ਜੀ.ਟੀ.ਐੱਫ.) ਨੇ ਲਾਰੈਂਸ ਬਿਸ਼ਨੋਈ ਦੇ ਕਰੀਬੀ ਮਨਦੀਪ ਸਿੰਘ ਉਰਫ ਛੋਟਾ ਮਨੀ ਵਾਸੀ ਚੰਡੀਗੜ੍ਹ, ਜਿਸਨੇ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਛੁਪਣਗਾਹਾਂ ਮੁਹੱਈਆ ਕਰਵਾਉਣ ਅਤੇ 2017 ਵਿੱਚ ਗੈਂਗਸਟਰ ਦੀਪਕ ਟੀਨੂੰ ਦੀ ਭੱਜਣ ਵਿੱਚ ਮਦਦ ਕੀਤੀ ਸੀ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁਲਜ਼ਮ ਛੋਟਾ ਮਨੀ ਨੂੰ ਉਸ ਦੇ ਸਾਥੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਦੀ ਪਛਾਣ ਜਤਿੰਦਰ ਸਿੰਘ ਵਾਸੀ ਮੁਹੱਲਾ ਗੋਬਿੰਦਪੁਰਾ, ਮਨੀਮਾਜਰਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ ਦੋ 0.32 ਕੈਲੀਬਰ ਪਿਸਤੌਲ ਦੇ ਨਾਲ-ਨਾਲ 12 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।